ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ 'ਤੇ ਕੀਤੇ ਬੁਜ਼ਦਿਲਾਨਾ ਗ੍ਰਨੇਡ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖੀ ਆਲੋਚਨਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀੜਤਾਂ ਤੇ ਸਬੰਧਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕਰ ਦਿੱਤੇ ਹਨ।
ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ। ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 06 ਕਿਉ 9565 'ਤੇ ਕੀਤਾ ਗਿਆ। ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾਣ ਵਾਲੀ ਸੀ। ਇਸ ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 33 ਹੋਰ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕ ਵਿਅਕਤੀ ਪੰਜਾਬ ਦੇ ਬਟਾਲਾ ਨਾਲ ਸਬੰਧਤ ਹੈ।
ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਬਟਾਲਾ ਦੇ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਰਾਏ ਚੱਕ, ਡੇਰਾ ਬਾਬਾ ਨਾਨਕ ਦੀ ਸੱਜੀ ਲੱਤ 'ਤੇ ਸੱਟ ਲੱਗੀ ਹੈ ਪਰ ਉਹ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਰਜੀਤ ਸਿੰਘ ਨਾਲ ਸੰਪਰਕ ਬਣਾਉਣ ਤੇ ਉਸ ਦੇ ਇਲਾਜ ਵਾਸਤੇ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸਨ।
ਮੁੱਖ ਮੰਤਰੀ ਨੇ ਇਸ ਘਿਨਾਉਣੇ ਗ੍ਰਨੇਡ ਹਮਲੇ 'ਤੇ ਗੁੱਸਾ ਪ੍ਰਗਟ ਕਰਦੇ ਹੋਏ ਕਿਹਾ ਕਿ ਘਾਟੀ ਵਿੱਚ ਸ਼ਾਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ ਨਿੰਦਣਯੋਗ ਹੈ ਤੇ ਸਭਨਾ ਵੱਲੋਂ ਇਸ ਵਿਰੁੱਧ ਲੜਾਈ ਦਿੱਤੇ ਜਾਣ ਦੀ ਜ਼ਰੂਰਤ ਹੈ। ਕੈਪਟਨ ਨੇ ਕਿਹਾ ਕਿ ਅੱਤਵਾਦੀਆਂ ਨੂੰ ਇਨ੍ਹਾਂ ਘਿਨਾਉਣੇ ਇਰਾਦਿਆਂ ਚ ਸਫ਼ਲ ਹੋਣ ਦੀ ਆਗਿਆ ਨਹੀ ਦਿੱਤੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਇਸ ਹਮਲੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਜਿਸ ਦੀ ਸ਼ਨਾਖਤ ਉਤਰਾਖੰਡ ਦੇ ਹਰਿਦਵਾਰ ਨਾਲ ਸਬੰਧਤ 17 ਸਾਲਾ ਮੁਹੰਮਦ ਸ਼ਾਰਿਕ ਵੱਜੋਂ ਹੋਈ ਹੈ।
ੇ