ਇਛੁੱਕ ਵਾਧੇ ਦੀ ਪ੍ਰਕਿਰਿਆ ਨੂੰ ਖਤਮ ਕਰਕੇ ਸੇਵਾ ਮੁਕਤੀ ਦੀ ਉਮਰ ਘਟਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਸ ਨਾਲ ਖਾਲੀ ਹੋਣ ਵਾਲੀਆਂ ਸਾਰੀਆਂ ਅਸਾਮੀਆਂ ਅਗਲੇ ਦੋ ਸਾਲਾਂ ਵਿੱਚ ਭਰੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਉੱਚੇ ਪੇਅ ਸਕੇਲ 'ਤੇ ਸੇਵਾ ਮੁਕਤ ਹੋਣ ਵਾਲੇ ਇਕ ਕਰਮਚਾਰੀ ਦੇ ਬਦਲੇ ਘੱਟ ਪੇਅ ਸਕੇਲ 'ਤੇ ਤਿੰਨ ਨੌਜਵਾਨਾਂ ਲਈ ਨੌਕਰੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ।
ਆਪਣੀ ਸਰਕਾਰ ਦੇ ਰੋਜ਼ਗਾਰ ਪੈਦਾ ਕਰਨ ਦੇ ਪ੍ਰਮੁੱਖ ਪ੍ਰੋਗਰਾਮ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਠੇਕੇ 'ਤੇ ਰੱਖੇ ਮੁਲਾਜ਼ਮਾਂ ਸਮੇਤ 57 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਉਦਯੋਗ ਵਿੱਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਕੇ ਨੌਕਰੀਆਂ ਦੇਣ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਉਦਯੋਗ ਅਤੇ ਨਿਵੇਸ਼ ਪੱਖੀ ਨੀਤੀਆਂ ਸਮੇਤ ਸੂਬੇ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਮਿਲਿਆ ਹੈ।