ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਕੇ ਕਿਹਾ ਕਿ ਕਸ਼ਮੀਰ ਮੁੱਦੇ ਸਮੇਤ ਸਾਰੇ ਮਤਭੇਦ ਦੂਰ ਕਰਨ ਲਈ ਉਨ੍ਹਾਂ ਦਾ ਦੇਸ਼ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਮੀਡੀਆ ਵਿਚ ਆਈ ਇਕ ਖਬਰ ਵਿਚ ਇਹ ਕਿਹਾ ਗਿਆ ਹੈ। ਦਰਅਸਲ, ਇਕ ਦਿਨ ਪਹਿਲਾਂ ਭਾਰਤ ਨੇ ਕਿਹਾ ਸੀ ਕਿ ਵਿਸ਼ਕੇਕ ਵਿਚ ਸੰਘਾਈ ਸਹਿਯੋਗ ਸੰਗਠਨ (ਐਸਸੀਓ) ਸ਼ਿਖਰ ਮੀਟਿੰਗ ਵਿਚ ਦੋਵਾਂ ਆਗੂਆਂ ਵਿਚ ਕੋਈ ਮੀਟਿੰਗ ਨਹੀਂ ਹੋਵੇਗੀ।
ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਉਤੇ ਦੂਜੇ ਕਾਰਜਕਾਲ ਲਈ ਮੋਦੀ ਨੂੰ ਵਧਾਈ ਦਿੰਦੇ ਹੋਏ ਖਾਨ ਨੇ ਪੱਤਰ ਵਿਚ ਕਿਹਾ ਕਿ ਦੋਵੇਂ ਰਾਸ਼ਟਰਾਂ ਵਿਚ ਗੱਲਬਾਤ ਹੀ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਗਰੀਬੀ ਵਿਚੋਂ ਨਿਕਲਣ ਵਿਚ ਮਦਦ ਕਰਨ ਦਾ ਇਕੋ ਇਕ ਸਾਧਨ ਹੈ ਅਤੇ ਖੇਤਰੀ ਵਿਕਾਸ ਲਈ ਮਿਲਕੇ ਕੰਮ ਕਰਨਾ ਜ਼ਰੂਰੀ ਹੈ। ਜਿਓ ਟੀਵੀ ਨੇ ਆਪਣੀ ਖਬਰ ਵਿਚ ਇਹ ਜਾਣਕਾਰੀ ਦਿੱਤੀ।
ਖਬਰ ਅਨੁਸਾਰ ਖਾਨ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਮੁੱਦੇ ਸਮੇਤ ਸਾਰੀਆਂ ਸਮੱਸਿਆਵਾਂ ਦਾ ਹੱਲ ਚਾਹੁੰਦਾ ਹੈ। ਇਸ ਵਿਚ, ਨਵੀਂ ਦਿੱਲੀ ਦੇ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੂੰ ਚੋਣਾਂ ਵਿਚ ਮਿਲੀ ਜਿੱਤ ਦੀ ਵਧਾਈ ਵੀ ਦਿੱਤੀ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਪੱਤਰ ਕਦੋਂ ਪ੍ਰਾਪਤ ਹੋਇਆ। ਮੋਦੀ ਦੇ ਸੱਤਾ ਵਿਚ ਵਾਪਸ ਆਉਣ ਬਾਅਦ ਇਹ ਦੂਜਾ ਮੌਕਾ ਹੈ ਜਦੋਂ ਪਾਕਿਸਤਾਨ ਪ੍ਰਧਾਨ ਮੰਤਰੀ ਨੇ ਦੋਵੇਂ ਦੇਸ਼ਾਂ ਦੇ ਲੋਕਾਂ ਦੀ ਬੇਹਤਰੀ ਲਈ ਭਾਰਤ ਨਾਲ ਮਿਲਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ।