ਕੌਮਾਂਤਰੀ ਅਦਾਲਤ ਵੱਲੋਂ ਦਿੱਤੇ ਫ਼ੈਸਲੇ ਤੋਂ ਬਾਅਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਭਲਕੇ ਭਾਰਤੀ ਹਾਈ ਕਮਿਸ਼ਨ ਦਾ ਕੋਈ ਅਧਿਕਾਰੀ ਮਿਲ ਸਕੇਗਾ।
ਖ਼ਬਰ ਏਜੰਸੀ ਏਐੰਨਆਈ ਮੁਤਾਬਕ ਪਾਕਿਸਤਾਨੀ ਮੀਡੀਆ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਇਸ ਬਾਰੇ ਖ਼ਬਰ ਦਿੱਤੀ ਹੈ। ਹਾਲੇ ਇਸ ਦੇ ਤੌਰ–ਤਰੀਕਿਆਂ ਬਾਰੇ ਕੋਈ ਚਰਚਾ ਨਹੀਂ ਕੀਤੀ ਗਈ।
ਇਸ ਤੋਂ ਪਹਿਲਾਂ ਨੀਦਰਲੈਂਡ ਦੇ ਹੇਗ ਸਥਿਤ ਕੌਮਾਂਤਰੀ ਅਦਾਲਤ ’ਚ ਭਾਰਤ ਦੀ ਵੱਡੀ ਜਿੱਤ ਹੋਈ ਸੀ। ਅਦਾਲਤ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਦੀ ਸਮੀਖਿਆ ਕਰੇ।
ਇਸ ਦੇ ਨਾਲ ਹੀ ਕੌਮਾਂਤਰੀ ਅਦਾਲਤ ਨੇ ਜਾਧਵ ਤੱਕ ਕੂਟਨੀਤਕ ਪਹੁੰਚ ਦਿੱਤੇ ਜਾਣ ਦੀ ਭਾਰਤ ਦੀ ਮੰਗ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ।
ਇੱਥੇ ਵਰਨਣਯੋਗ ਹੈ ਕਿ ਪਾਕਿਸਤਾਨ ਦੀ ਇੱਕ ਫ਼ੌਜੀ ਅਦਾਲਤ ਵੱਲੋਂ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਮਾਮਲੇ ਵਿੱਚ ਭਾਰਤ ਨੇ ਕੌਮਾਂਤਰੀ ਅਦਾਲਤ ਨੂੰ ਚੁਣੌਤੀ ਦਿੱਤੀ ਸੀ।
ਪਾਕਿਸਤਾਨ ਦੀ ਇੱਕ ਫ਼ੌਜੀ ਅਦਾਲਤ ਨੇ ਅਪ੍ਰੈਲ 2017 ’ਚ ਬੰਦ ਕਮਰੇ ਵਿੱਚ ਸੁਣਵਾਈ ਤੋਂ ਬਾਅਦ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ ਅਧੀਨ 49 ਸਾਲਾ ਭਾਰਤੀ ਸਮੁੰਦਰੀ ਫ਼ੌਜ ਦੇ ਸੇਵਾ–ਮੁਕਤ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਦੀ ਉਸ ਸਜ਼ਾ ਦਾ ਭਾਰਤ ਨੇ ਸਖ਼ਤ ਵਿਰੋਧ ਕੀਤਾ ਸੀ।