ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਸਿਹਤ ਚ ਸੁਧਾਰ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ੍ਹ ਭੇਜ ਦਿੱਤਾ ਗਿਆ। 68 ਸਾਲਾਂ ਸ਼ਰੀਫ ਇਸਲਾਮਾਬਾਦ ਸਥਿਤ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ.ਆਈ.ਐੱਮ.ਐੱਸ.) ਦੇ ਕਾਰਡੀਅਕ ਸੈਂਟਰ ਚ ਭਰਤੀ ਸਨ। ਤਬੀਅਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਐਤਵਾਰ ਰਾਤ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ।
ਪੀ.ਆਈ.ਐੱਮ.ਐੱਸ. ਦੇ ਸੂਤਰਾਂ ਨੇ ਦੱਸਿਆ ਕਿ ਨਵਾਜ਼ ਦੇ ਵੱਖ-ਵੱਖ ਟੈਸਟਾਂ ਚ ਉਨ੍ਹਾਂ ਦੀ ਹਾਲਤ ਚ ਸੁਧਾਰ ਹੋਇਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਸ਼ਰੀਫ ਨੇ ਖੁਦ ਵੀ ਜੇਲ੍ਹ ਵਾਪਸ ਜਾਣ ਦੀ ਇੱਛਾ ਜ਼ਾਹਰ ਕੀਤੀ ਸੀ। ਸ਼ਰੀਫ ਨੂੰ ਸਖਤ ਸੁਰੱਖਿਆ ਵਿਚਕਾਰ ਜੇਲ੍ਹ ਵਾਪਸ ਭੇਜ ਦਿੱਤਾ ਗਿਆ।
ਇਸ ਤੋਂ ਪਹਿਲਾਂ ਪੰਜਾਬ ਸੂਬੇ ਦੇ ਗ੍ਰਹਿ ਮੰਤਰੀ ਸ਼ੌਕਤ ਜਾਵੇਦ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਮੈਡੀਕਲ ਰਿਪੋਰਟ ਮੁਤਾਬਕ ਉਨ੍ਹਾਂ ਦਾ ਇਲਾਜ ਵਿਦੇਸ਼ ਚ ਕਰਾਉਣ ਦਾ ਕੋਈ ਸੁਝਾਅ ਨਹੀਂ ਦਿੱਤਾ ਗਿਆ ਹੈ।