ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਸਰਕਾਰੀ ਹਸਪਤਾਲ ਦੇ ਮੁੱਖ ਗੇਟ ਉਤੇ ਇਕ ਆਤਮਘਾਤੀ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਆਤਮਘਾਤੀ ਹਮਲਾਵਰ ਨੇ ਟਰਾਮਾ ਸੈਂਟਰ ਵਿਚ ਦਾਖਲ ਹੋ ਰਹੇ ਲੋਕਾਂ ਅਤੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ।
ਹਮਲੇ ਬਾਅਦ, ਬਚਾਅ ਦਲ ਨੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਪਹੁੰਚਾਇਆ ਗਿਆ। ਹਸਪਤਾਲ ਦੇ ਅਧਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਜ਼ਖਮੀਆਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ। ਫਿਲਹਾਲ ਕਿਸੇ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।
ਐਤਵਾਰ ਸਵੇਰੇ ਇਸੇ ਜ਼ਿਲ੍ਹੇ ਵਿਚ ਇਕ ਹੋਰ ਮਾਮਲੇ ਵਿਚ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਪੁਲਿਸ ਜਾਂਚ ਚੌਕੀ ਉਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਦੋ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ।