ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਕਾਇਮ ਅਮਰੀਕਾ ਦੇ ਇੱਕ ਸੰਘੀ ਕਮਿਸ਼ਨ ਨੇ ਨਾਗਰਿਕਤਾ ਸੋਧ ਬਿਲ ਨੂੰ ‘ਗ਼ਲਤ ਦਿਸ਼ਾ ਵਿੱਚ ਖ਼ਤਰਨਾਕ ਮੋੜ’ ਕਰਾਰ ਦਿੱਤਾ ਹੈ। ਕਮਿਸ਼ਨ ਨੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਅਮਰੀਕੀ ਪਾਬੰਦੀਆਂ ਦੀ ਮੰਗ ਵੀ ਕੀਤੀ ਹੈ। ਕੱਲ੍ਹ ਸੋਮਵਾਰ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿਲ 2019 ਲੋਕ ਸਭਾ ’ਚ ਪੇਸ਼ ਕੀਤਾ, ਜੋ ਦੇਰ ਰਾਤੀਂ 311–80 ਦੀ ਵੋਟਿੰਗ ਨਾਲ ਪਾਸ ਹੋ ਗਿਆ।
ਅੱਜ ਇਸ ਨੂੰ ਰਾਜ ਸਭਾ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕੀ ਕੌਮਾਂਤਰੀ ਧਾਰਮਿਕ ਆਜ਼ਾਦੀ ਕਮਿਸ਼ਨ ਵੱਲੋਂ ਸੋਮਵਾਰ ਨੂੰ ਜਾਰੀ ਇੱਕ ਬਿਆਨ ’ਚ ਕਿਹਾ ਗਿਆ ਕਿ ਜੇ ਨਾਗਰਿਕਤਾ ਸੋਧ ਬਿਲ ਪਾਸ ਹੋ ਜਾਂਦਾ ਹੈ, ਤਾਂ ਅਮਰੀਕੀ ਸਰਕਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਮੁੱਖ ਆਗੂਆਂ ਉੱਤੇ ਪਾਬੰਦੀਆਂ ਲਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਅਮਿਤ ਸ਼ਾਹ ਨੇ ਇਸ ਬਿਲ ਨੂੰ ਪੇਸ਼ ਕਰਦਿਆਂ ਕਿਹਾ ਸੀ ਕਿ ਇਸ ਬਿਲ ਨੂੰ 130 ਕਰੋੜ ਭਾਰਤੀਆਂ ਦੀ ਹਮਾਇਤ ਹਾਸਲ ਹੈ ਤੇ ਮੁਸਲਿਮ ਵਿਰੋਧੀ ਬਿਲ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਿਲ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ’ਚ ਸਤਾਈਆਂ ਗਈਆਂ ਘੱਟ ਗਿਣਤੀਆਂ ਨੂੰ ਭਾਰਤ ਵਿੰਚ ਨਾਗਕਿਰਤਾ ਹਾਸਲ ਕਰਨ ਦਾ ਅਧਿਕਾਰ ਦੇਵੇਗਾ।
ਚੇਤੇ ਰਹੇ ਕਿ ਇਹ ਇਹ ਬਿਲ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਮੈਨੀਫ਼ੈਸਟੋ ਦਾ ਹਿੱਸਾ ਸੀ।